ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਕੀਤੀ ਅਪੀਲ
ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਬੁੱਧਵਾਰ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ।
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ ਗਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਪੰਜਾਬ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਆਪ ਆਗੂ ਦਿਨੇਸ਼ ਢੱਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।